Tue, 25 July 2017
Your Visitor Number :-   1064786
SuhisaverSuhisaver Suhisaver
ਕਾਬੁਲ ਕਾਰ ਬੰਬ ਧਮ਼ਾਕੇ ਵਿੱਚ 26 ਮੌਤਾਂ; 41 ਫੱਟੜ               ਪੁਲਾੜ ਵਿਗਿਆਨੀ ਯੂ.ਆਰ. ਰਾਓ ਦਾ ਦੇਹਾਂਤ              

ਜਮਹੂਰੀ ਹੱਕਾਂ ਦੇ ਦਮਨ ਦਾ ਗੰਭੀਰ ਨੋਟਿਸ ਲੈਣ ਦੀ ਲੋੜ: ਜਮਹੂਰੀ ਅਧਿਕਾਰ ਸਭਾ

Posted on:- 26-10-2016

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਪੰਜਾਬ ਸਰਕਾਰ ਦੇ ਵਧ ਰਹੇ ਤਾਨਾਸ਼ਾਹ ਰੁਝਾਨ ਉੱਪਰ ਚਿੰਤਾ ਜ਼ਾਹਿਰ ਕਰਦਿਆਂ ਸਮੂਹ ਜਮਹੂਰੀਅਤਪਸੰਦ ਤਾਕਤਾਂ ਨੂੰ ਇਸ ਵਰਤਾਰੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਆਪਣੇ ਰੋਜ਼ਗਾਰ ਨੂੰ ਬਚਾਉਣ ਲਈ ਪੁਰਅਮਨ ਸੰਘਰਸ਼ ਕਰ ਰਹੇ ਸੁਵਿਧਾ ਕੇਂਦਰਾਂ ਦੇ 11000 ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਦੀ ਰੈਲੀ ਉੱਪਰ ਬੇਤਹਾਸ਼ਾ ਜਬਰ ਕੀਤਾ ਗਿਆ। ਹੁਣ ਲੰਬੀ ਵਿਚ ਕੱਚੇ ਕਾਮਿਆਂ ਦੀ ਪੁਰਅਮਨ ਰੈਲੀ ਨੂੰ ਭਾਰੀ ਗਿਣਤੀ ਵਿਚ ਪੁਲਿਸ ਤਾਕਤ ਲਗਾਕੇ ਰੋਕਿਆ ਗਿਆ।

ਦਸ ਸਾਲ ਤੋਂ ਪੰਜਾਬ ਸਰਕਾਰ ਦੇ ਅਧੀਨ ਸੁਖਮਨੀ ਸੁਸਾਇਟੀ ਤਹਿਤ ਕੰਮ ਰਹੇ 'ਸੁਵਿਧਾ ਕੇਂਦਰਾਂ' ਦੇ ਮੁਲਾਜ਼ਮ ਆਪਣਾ ਭਵਿੱਖ ਇਕ ਨਿੱਜੀ ਕੰਪਨੀ ਦੇ ਹਵਾਲੇ ਕਰਨ ਦਾ ਵਿਰੋਧ ਕਰ ਰਹੇ ਹਨ। ਸੁਵਿਧਾ ਮੁਲਾਜ਼ਮ ਅਤੇ ਹੋਰ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਨੂੰ ਰੈਗੂਲਰ ਕੀਤੇ ਜਾਣ ਦੀ ਜਾਇਜ਼ ਮੰਗ ਕਰ ਰਹੇ ਹਨ। ਪੁਲਿਸ ਵਲੋਂ ਜਮਹੂਰੀ ਹੱਕਾਂ ਦਾ ਇਹ ਘਾਣ ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਪੂਰੀ ਤਰ੍ਹਾਂ ਗਿਣਿਆ-ਮਿੱਥਿਆ ਹੈ ਅਤੇ ਬਿਨਾ ਕਿਸੇ ਭੜਕਾਹਟ ਤੋਂ ਜਥੇਬੰਦ ਸੰਘਰਸ਼ਾਂ ਨੂੰ ਦਬਾਉਣ ਲਈ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਆਪਣੇ ਹਿੱਤਾਂ ਦੀ ਰਾਖੀ ਲਈ ਸਮੂਹਿਕ ਸੰਘਰਸ਼ ਕਰਨਾ, ਵਿਕਾਸ ਤੇ ਤਰੱਕੀ ਦੇ ਦਾਅਵੇਦਾਰ ਹਾਕਮਾਂ ਤੋਂ ਵਾਅਦਿਆਂ ਦੀ ਜਵਾਬਦੇਹੀ ਦੀ ਮੰਗ ਕਰਨਾ ਅਤੇ ਰੋਜ਼ਗਾਰ, ਸਮਾਜਿਕ ਸੁਰੱਖਿਆ ਸਮੇਤ ਜ਼ਿੰਦਗੀ ਦੀ ਬਿਹਤਰੀ ਦੇ ਤਮਾਮ ਸਰੋਕਾਰਾਂ ਨੂੰ ਲੈ ਕੇ ਜਥੇਬੰਦ ਹੋਣਾ ਤੇ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣਾ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਜੋ ਕਿ ਜਮਹੂਰੀਅਤ ਦਾ ਬੁਨਿਆਦੀ ਮਾਪਦੰਡ ਹੈ। ਨਿੱਤਰੋਜ਼ ਨਿਹੱਥੇ ਅੰਦੋਲਨਕਾਰੀਆਂ ਉੱਪਰ ਬੇਤਹਾਸ਼ਾ ਸਰਕਾਰੀ ਜਬਰ ਦੀਆਂ ਘਟਨਾਵਾਂ ਦਿਖਾਉਂਦੀਆਂ ਹਨ ਕਿ ਹੁਕਮਰਾਨ ਲੋਕਾਂ ਦੀ ਜਥੇਬੰਦ ਹੱਕ-ਜਤਾਈ ਨੂੰ ਪੁਲਿਸ ਤਾਕਤ ਨਾਲ ਕੁਚਲਣ ਉੱਪਰ ਤੁਲੇ ਹੋਏ ਹਨ, ਲੋਕਾਂ ਦੇ ਮਸਲਿਆਂ ਨੂੰ ਸੰਜੀਦਾ ਹੋ ਕੇ ਮੁਖ਼ਾਤਬ ਹੋਣਾ ਉਨ੍ਹਾਂ ਦੇ ਏਜੰਡੇ ਉੱਪਰ ਹੀ ਨਹੀਂ ਹੈ। ਦਲਿਤਾਂ ਦੇ ਜ਼ਮੀਨ ਦੇ ਕਾਨੂੰਨੀ ਹਿੱਸੇ ਲਈ ਸੰਘਰਸ਼ ਅਤੇ ਕਿਸਾਨਾਂ ਵਲੋਂ ਡੂੰਘੇ ਖੇਤੀ ਸੰਕਟ ਦੇ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਪ੍ਰਤੀ ਪੰਜਾਬ ਸਰਕਾਰ ਦੀ ਗ਼ੈਰਜ਼ਿੰਮੇਵਾਰਾਨਾ ਅਣਦੇਖੀ ਅਤੇ ਸੰਘਰਸ਼ਸ਼ੀਲ ਮਜ਼ਦੂਰਾਂ, ਕਿਸਾਨਾਂ, ਠੇਕੇ ਦੇ ਮੁਲਾਜ਼ਮਾਂ ਅਤੇ ਹੋਰ ਮੁਲਾਜ਼ਮਾਂ ਉੱਪਰ ਜਬਰ ਤੇ ਗ੍ਰਿਫ਼ਤਾਰੀਆਂ ਲਗਾਤਾਰ ਜਾਰੀ ਹਨ। ਤਾਨਾਸ਼ਾਹ ਜ਼ਿਹਨੀਅਤ ਦੇ ਮਾਲਕ ਸੱਤਾਧਾਰੀ ਨਾਗਰਿਕਾਂ ਪ੍ਰਤੀ ਸੰਵਿਧਾਨਕ ਜਵਾਬਦੇਹੀ ਤੋਂ ਇਨਕਾਰੀ ਹਨ ਅਤੇ ਲੋਕਾਂ ਨੂੰ ਮਹਿਜ਼ ਸੱਤਾ ਦੀ ਪੌੜੀ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੇ ਦਿਨੋਦਿਨ ਵਧ ਰਹੇ ਤਾਨਾਸ਼ਾਹ ਰਵੱਈਏ ਨੂੰ ਸਮੁੱਚੀਆਂ ਅਗਾਂਹਵਧੂ ਅਤੇ ਜਮਹੂਰੀ ਤਾਕਤਾਂ ਦੀ ਅਗਵਾਈ ਵਿਚ ਆਮ ਲੋਕਾਂ ਦੀ ਜਮਹੂਰੀ ਚੇਤਨਾ ਅਤੇ ਜਥੇਬੰਦਕ ਤਾਕਤ ਹੀ ਰੋਕ ਸਕਦੀ ਹੈ ਜਿਸ ਨੂੰ ਪੂਰੀ ਸ਼ਿੱਦਤ ਨਾਲ ਮੁਖ਼ਾਤਿਬ ਹੋਣ ਦੀ ਲੋੜ ਹੈ। ਸਭਾ ਸਾਰੀਆਂ ਜਮਹੂਰੀ ਤਾਕਤਾਂ ਨੂੰ ਅਪੀਲ ਕਰਦੀ ਹੈ ਕਿ ਹੁਕਮਰਾਨਾਂ ਤੇ ਰਾਜ-ਮਸ਼ੀਨਰੀ ਦੇ ਇਸ ਫਾਸ਼ੀਵਾਦ ਰੁਝਾਨ ਦੇ ਖ਼ਿਲਾਫ਼ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਿਸ਼ਾਲ ਜਨਤਕ ਲਹਿਰ ਲਾਮਬੰਦ ਕਰਕੇ ਇਸ ਤਾਨਾਸ਼ਾਹ ਜ਼ਿਹਨੀਅਤ ਨੂੰ ਠੱਲ ਪਾਈ ਜਾਵੇ ਨਹੀਂ ਤਾਂ ਆਪਣੇ ਹਿੱਤਾਂ ਲਈ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਹੱਕ ਹੀ ਸੁਰਖਿਅਤ ਨਹੀਂ ਰਹੇਗਾ। ਸਭਾ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜ਼ਿੱਦੀ ਤਾਨਾਸ਼ਾਹ ਰਵੱਈਆ ਤਿਆਗਕੇ ਸੰਘਰਸ਼ਸ਼ੀਲ ਮਜ਼ਦੂਰਾਂ, ਕਿਸਾਨਾਂ, ਕੱਚੇ ਮੁਲਾਜ਼ਮਾਂ, ਬੇਰੋਜ਼ਗਾਰਾਂ ਅਤੇ ਹੋਰ ਹਿੱਸਿਆਂ ਨਾਲ ਸੰਜੀਦਾ ਗੱਲਬਾਤ ਦੀ ਪਹਿਲ ਕਰੇ, ਗ੍ਰਿਫ਼ਤਾਰ ਅੰਦੋਲਨਕਾਰੀਆਂ ਨੂੰ ਤੁਰੰਤ ਰਿਹਾਅ ਕਰੇ, ਝੂਠੇ ਕੇਸ ਵਾਪਸ ਲਵੇ ਅਤੇ ਅੰਦੋਲਨਕਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੰਜੀਦਾ ਪਹੁੰਚ ਅਪਣਾਵੇ।

Comments

Name (required)

Leave a comment... (required)

Security Code (required)



ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ